
ਖੇਤੀ ਕਾਨੂੰਨ 2 ਸਾਲ ਲਈ ਰੱਦ ਕੀਤੇ ਜਾਣ ਵਾਲੇ ਬਿਆਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਕਰੇ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਤੀ ਕਾਨੂੰਨਾਂ ਨੂੰ 2 ਸਾਲਾਂ ਲਈ ਰੱਦ ਕਰ ਵਾਲੇ ਬਿਆਨ 'ਤੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਅਜਿਹੇ 'ਚ ਕੈਪਟਨ ਅਮਰਿੰਦਰ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਮੁਤਾਬਕ ਉਨ੍ਹਾਂ ਦੀ ਗੱਲ ਤੋੜ ਮਰੋੜ ਕੇ ਮੀਡੀਆ ਵੱਲੋਂ ਪੇਸ਼ ਕੀਤੀ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਨੂੰ ਗਲਤ ਪ੍ਰਭਾਵ ਦੇਣ ਲਈ ਸ਼ਰਾਰਤੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਸੰਘਰਸ਼ 'ਤੇ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਅੰਦੋਲਨ ਖ਼ਤਮ ਕਰਨ ਲਈ ਵਿਚਲਾ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ 2 ਸਾਲ ਲਈ ਰੱਦ ਕਰ ਦਿੱਤੇ ਜਾਣ ਤਾਂ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਸੀ ਕਿ ਹਰ ਜੰਗ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ ਜੇਕਰ ਗੱਲਬਾਤ ਨਹੀਂ ਹੋਵੇਗੀ ਤਾਂ ਹੱਲ ਵੀ ਨਹੀਂ ਨਿਕਲੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਅੰਦਲੋਨਕਾਰੀ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਦੀ ਤਸੱਲੀ ਮੁਤਾਬਕ ਛੇਤੀ ਦੂਰ ਕੀਤਾ ਜਾਵੇ ਤੇ ਕੇਂਦਰ ਸਰਕਾਰ ਵੱਲੋਂ ਮੌਜੂਦਾ ਕਿਸਾਨ ਅੰਦੋਲਨ ਦੇ ਮਸਲੇ ਦਾ ਛੇਤੀ ਹੱਲ ਯਕੀਨੀ ਬਣਾਇਆ ਜਾਵੇ।